13 ਮਾਰਚ (ਆਸ਼ਾ ਸ਼ਰਮਾ) ਫਿਰੋਜ਼ਪੁਰ ਵਿੱਚ ਅੱਜ ਡੀ. ਆਈ. ਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ 52 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਜਾਣਕਾਰੀ ਦਿੰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਸ ਨੇ ਵੱਖ-ਵੱਖ ਟੀਮਾਂ ਬਣਾ ਕੇ ਇੱਕੋ ਸਮੇਂ 52 ਥਾਵਾਂ ’ਤੇ ਛਾਪੇਮਾਰੀ ਕੀਤੀ। ਪੁਲਸ ਨੇ ਬਸਤੀ ਟੈਕਾਂ ਵਾਲੀ ਇਲਾਕੇ ਵਿੱਚ ਗੈਂਗਸਟਰ ਚੰਦੂ ਦੇ ਘਰ ਵੀ ਛਾਪਾਮਾਰੀ ਕੀਤੀ ਪਰ ਉਸ ਦੇ ਘਰ ਕੋਈ ਮੈਂਬਰ ਨਹੀਂ ਮਿਲਿਆ।ਐੱਸ. ਪੀ. ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਇਕੱਲੇ ਮਖੂ ਏਰੀਆ ਵਿੱਚ 28 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਆਖਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕਈ ਸਮਾਜ ਵਿਰੋਧੀ ਅਨਸਰ, ਨਸ਼ਾ ਤਸਕਰ ਅਤੇ ਗੈਂਗਸਟਰ ਪੁਲਸ ਦੇ ਰਾਡਾਰ ’ਤੇ ਹਨ, ਜਿਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਕਿਸੇ ਵੀ ਗੈਂਗਸਟਰ, ਨਸ਼ਾ ਤਸਕਰ ਜਾਂ ਸਮਾਜ ਵਿਰੋਧੀ ਅਨਸਰ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ। ਡੀ. ਜੀ. ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਲਗਾਤਾਰ 24 ਘੰਟੇ ਪੁਲਸ ਵੱਲੋਂ ਨਾਕਾਬੰਦੀ ਅਤੇ ਗਸ਼ਤ ਜਾਰੀ ਹੈ ਅਤੇ ਜ਼ਿਲ੍ਹੇ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।
